7 hours ago
Swift News
ਸਰੀ ਸੈਂਟਰਲ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਘਰ ਅੰਦਰ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸਵੇਰੇ ਕਰੀਬ 7 ਵੱਜ ਕੇ 16 ਮਿੰਟ ’ਤੇ ਸਰੀ ਪੁਲਿਸ ਸਰਵਿਸ ਅਤੇ ਬੀ.ਸੀ. ਐਮਰਜੈਂਸੀ ਹੈਲਥ ਸਰਵਿਸਿਜ਼ ਨੂੰ ਇੱਕ ਘਰ ਵਿੱਚ ਜ਼ਖ਼ਮੀ ਵਿਅਕਤੀ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਪੈਰਾਮੈਡਿਕਸ ਨੂੰ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਪੈਰਾਮੈਡਿਕਸ ਵੱਲੋਂ ਉਸ ਨੂੰ ਬਚਾਉਣ ਲਈ ਸੀ.ਪੀ.ਆਰ. ਸਮੇਤ ਮੁੜ ਜ਼ਿੰਦਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਸੱਟ ਦੀ ਗੰਭੀਰਤਾ ਅਤੇ ਘਟਨਾ ਦੇ ਹਾਲਾਤਾਂ ਨੂੰ ਦੇਖਦਿਆਂ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ, ਯਾਨੀ ਆਈ.ਐੱਚ.ਆਈ.ਟੀ. ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।